ਸਥਾਨਕ ਖਬਰ

ਸਕੂਲ ਆਫ਼ ਐਮੀਨੈਂਸ ਫਗਵਾੜਾ ਵਿਖੇ ਆਈ.ਡੀ.ਬੀ.ਆਈ. ਬੈਂਕ ਦੇ ਸਹਿਯੋਗ ਨਾਲ ਕਰਵਾਇਆ ਵਿਜੀਲੈਂਸ ਜਾਗਰੂਕਤਾ ਸਮਾਗਮ

ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਦੇ ਪ੍ਰਤੀ ਜਾਗਰੁਕਤਾ ਦਾ ਲਿਆ ਅਹਿਦ

ਫਗਵਾੜਾ 16 ਅਕਤੂਬਰ ( ਸੁਸ਼ੀਲ ਸ਼ਰਮਾ/ਨਵੋਦਿਤ ਸ਼ਰਮਾ)           ) ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਦੁਆਰਾ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ‘ਚ ਫਗਵਾੜਾ ਦੇ ਪੁਰਾਣਾ ਡਾਕਖਾਨਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਵਿਖੇ ਆਈ.ਡੀ.ਬੀ.ਆਈ. ਬੈਂਕ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਦੇ ਪ੍ਰਤੀ ਜਾਗਰੁਕਤਾ ਸਮਾਗਮ ਆਯੋਜਿਤ ਕੀਤਾ ਗਿਆ। ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਰਣਜੀਤ ਕੁਮਾਰ ਗੋਗਨਾ ਅਤੇ ਆਈ.ਡੀ.ਬੀ.ਆਈ. ਬੈਂਕ ਫਗਵਾੜਾ ਸ਼ਾਖਾ ਦੇ ਪ੍ਰਬੰਧਕ ਦੀਪਕ ਬੱਤਰਾ ਨੇ 500 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਵਾਰਕ ਚੌਕਸੀ ਦੀ ਸਹੁੰ ਚੁਕਾਈ। ਵਿਦਿਆਰਥੀਆਂ ਨੇ ਆਪਣੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਦਾ ਪ੍ਰਣ ਲਿਆ। ਵਿਦਿਆਰਥੀਆਂ ਨੂੰ ਨਿਵਾਰਕ ਚੌਕਸੀ ਦੀ ਮਹੱਤਤਾ ਅਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਜ਼ਰੂਰਤ ਬਾਰੇ ਵੀ ਜਾਣੂ ਕਰਵਾਇਆ ਗਿਆ। ਸਕੂਲ ਪ੍ਰਸ਼ਾਸਨ ਨੇ ਆਈ.ਡੀ.ਬੀ.ਆਈ. ਬੈਂਕ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਨੌਜਵਾਨਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਬੈਂਕ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਦੱਸਿਆ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਸੱਦੇ ’ਤੇ 27 ਅਕਤੂਬਰ ਤੋਂ 2 ਨਵੰਬਰ ਤੱਕ ਦੇਸ਼ ਭਰ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸੇ ਸਬੰਧ ‘ਚ ਅੱਜ ਸਕੂਲ ਵਿੱਚ ਆਈ.ਡੀ.ਬੀ.ਆਈ. ਬੈਂਕ ਦੇ ਸਹਿਯੋਗ ਨਾਲ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਸੁਚੇਤ ਰਹਿਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਤਰਕਤਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਦਿਆਰਥੀਆਂ ਨੂੰ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਇਸ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਤਾਂ ਹੀ ਸਾਡਾ ਦੇਸ਼ ਇਸ ਬੁਰਾਈ ਤੋਂ ਪੂਰੀ ਤਰ੍ਹਾਂ ਮੁਕਤ ਹੋ ਸਕਦਾ ਹੈ। ਬੈਂਕ ਸ਼ਾਖਾ ਪ੍ਰਬੰਧਕ ਦੀਪਕ ਬੱਤਰਾ ਨੇ ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਸਾਨੂੰ ਜ਼ਿੰਦਗੀ ਵਿੱਚ ਖੁਦ ਵੀ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ ਤੋਂ ਦੂਰ ਰਹਿਣਾ ਚਾਹੀਦਾ ਹੈ। ਭ੍ਰਿਸ਼ਟਾਚਾਰ ਵਿਰੁੱਧ ਜ਼ੋਰਦਾਰ ਢੰਗ ਨਾਲ ਬੋਲਣਾ ਵੀ ਇਸ ਦੇ ਖਾਤਮੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਮੌਕੇ ਸਕੂਲ ਸਟਾਫ਼, ਬੈਂਕ ਅਧਿਕਾਰੀ ਅਤੇ ਵਿਦਿਆਰਥੀ ਮੌਜੂਦ ਸਨ।
ਤਸਵੀਰ : ਸਕੂਲ ਆਫ਼ ਐਮੀਨੈਂਸ, ਫਗਵਾੜਾ ਵਿਖੇ ਆਯੋਜਿਤ ਵਿਜੀਲੈਂਸ ਜਾਗਰੂਕਤਾ ਪ੍ਰੋਗਰਾਮ ਦਾ ਇੱਕ ਦ੍ਰਿਸ਼।

Related Articles

Leave a Reply

Your email address will not be published. Required fields are marked *

Back to top button